Home Punjab ਕੈਪਟਨ ਸਰਕਾਰ ਨੇ ਡੇਰਾ ਪ੍ਰੇਮੀਆਂ ਦੀਆਂ ਕਿਹੜੀਆਂ ਮੰਗਾਂ ਮੰਨੀਆਂ—-?

ਕੈਪਟਨ ਸਰਕਾਰ ਨੇ ਡੇਰਾ ਪ੍ਰੇਮੀਆਂ ਦੀਆਂ ਕਿਹੜੀਆਂ ਮੰਗਾਂ ਮੰਨੀਆਂ—-?

120
SHARE

ਚੰਡੀਗੜ੍ਹ (ਬਿਊਰੋ) ਸਰਕਾਰ ਅਤੇ ਡੇਰਾ ਪ੍ਰੇਮੀਆਂ ਵਿਚਕਾਰ ਸਹਿਮਤੀ ਬਣਨ ਤੋਂ ਬਾਅਦ ਮਹਿੰਦਰਪਾਲ ‘ਬਿੱਟੂ’ ਦਾ ਅੰਤਿਮ ਸੰਸਕਾਰ ਹੋ ਗਿਆ ਹੈ. ਡੇਰਾ ਪ੍ਰੇਮੀਆਂ ਵੱਲੋਂ ਆਪਣੀਆਂ ਕੁਝ ਮੰਗਾਂ ਮਨਵਾਉਣ ਲਈ ‘ਬਿੱਟੂ’ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾ ਰਿਹਾ ਸੀ. ਡੇਰਾ ਪ੍ਰੇਮੀਆਂ ਵੱਲੋਂ ਆਪਣੀਆਂ ਮੰਗਾਂ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਮੈਮੋਰੈਂਡਮ ਸੌੰਪਿਆ ਗਿਆ ਸੀ ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਵ ਨੇ ਮੀਟਿੰਗਾਂ ਵਿੱਚ ਹਿੱਸਾ ਲਿਆ ਅਤੇ ਕਈ ਦੌਰ ਦੀ ਮੀਟਿੰਗ ਤੋਂ ਬਾਅਦ ਡੇਰਾ ਪ੍ਰੇਮੀਆਂ ਤੇ ਪ੍ਰਸ਼ਾਸਨ ਵਿਚਾਲੇ ਸਹਿਮਤੀ ਬਣ ਸਕੀ. ਪ੍ਰਸ਼ਾਸਨ ਨੇ ਡੇਰਾ ਪ੍ਰੇਮੀਆਂ ਦੀਆਂ ਜਿਨ੍ਹਾਂ ਮੰਗਾਂ ਉੱਤੇ ਸਹਿਮਤੀ ਜਤਾਈ ਹੈ ਉਹ ਇਸ ਪ੍ਰਕਾਰ ਹਨ:

  • ਮਹਿੰਦਰ ਪਾਲ ਸਿੰਘ ਦੀ ਨਾਭਾ ਜੇਲ੍ਹ ਵਿੱਚ ਹੋਈ ਮੌਤ ਦੀ ਉੱਚ ਪੱਧਰੀ ਕਮੇਟੀ ਜ਼ਰੀਏ ਜਾਂਚ ਕੀਤੀ ਜਾਵੇਗੀ.
  • ਮਾਮਲੇ ਦੀ ਜਾਂਚ ਦੀ ਰਿਪੋਰਟ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀ ਜਾਵੇਗੀ ਅਤੇ ਉਨ੍ਹਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਜਾਵੇਗੀ.
  • ਜੋ ਡੇਰਾ ਪ੍ਰੇਮੀ ਜ਼ਮਾਨਤ ’ਤੇ ਹਨ ਜਾਂ ਜੇਲ੍ਹ ਵਿੱਚ ਹਨ, ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ.
  • ਜਿਨ੍ਹਾਂ ਮਾਮਲਿਆਂ ਵਿੱਚ ਚਾਰਜਸ਼ੀਟ ਫਾਇਲ ਹੋ ਚੁੱਕੀ ਹੈ ਉਨ੍ਹਾਂ ਦੀ ਕਾਰਵਾਈ ਫਾਸਟ ਟਰੈਕ ਕੋਰਟ ਰਾਂਹੀ ਕੀਤੀ ਜਾਵੇਗੀ.
    ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਫੈਸਲਾ ਪੁਲਿਸ ਅਤੇ ਪ੍ਰਸ਼ਾਸਨ ਤੇ ਉੱਚ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਮਹਿੰਦਰਪਾਲ ਦੇ ਨਾਭਾ ਜੇਲ੍ਹ ਵਿੱਚ ਹੋਏ ਕਤਲ ਦੀ ਜਾਂਚ ਲਈ ਏਡੀਜੀਪੀ ਲਾਅ ਐਂਡ ਆਡਰ ਈਸ਼ਵਰ ਸਿੰਘ ਦੀ ਅਗਵਾਈ ‘ਚ ਐੱਸਆਈਟੀ ਬਣਾਉਣ ਦੇ ਹੁਕਮ ਦਿੱਤੇ ਹਨ. ਮਹਿੰਦਰਪਾਲ, ਜਿਸ ਉੱਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਇਲਜ਼ਾਮ ਸੀ ਨੂੰ 22 ਜੂਨ ਨੂੰ ਨਾਭਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ. ਮੁੱਖ ਮੰਤਰੀ ਦੇ ਬੁਲਾਰੇ ਅਨੁਸਾਰ ਐੱਸਆਈਟੀ ਵੱਲੋਂ ਜੇਲ੍ਹ ਮੁਲਾਜ਼ਮਾਂ ਦੇ ਰੋਲ ਬਾਰੇ ਵੀ ਜਾਂਚ ਕੀਤੀ ਜਾਵੇਗੀ.
    ਡੇਰਾ ਪ੍ਰੇਮੀਆਂ ਵੱਲੋਂ ਮਹਿੰਦਰਪਾਲ ਸਿੰਘ ਬਿੱਟੂ ਖਿਲਾਫ਼ ਚੱਲਦਿਆਂ ਮਾਮਲਿਆਂ ਨੂੰ ਖ਼ਤਮ ਕਰਨ ਦੀ ਮੰਗ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮਹਿੰਦਰਪਾਲ ਬਿੱਟੂ ਖਿਲਾਫ਼ ਰਿਪੋਰਟ ਅਦਾਲਤ ਵਿੱਚ ਪੇਸ਼ ਹੋ ਚੁੱਕੀ ਹੈ ਅਤੇ ਕਾਨੂੰਨ ਆਪਣੇ ਹਿਸਾਬ ਨਾਲ ਕੰਮ ਕਰੇਗਾ ਹੁਣ ਇਸ ਬਾਰੇ ਫੈਸਲਾ ਅਦਾਲਤ ਹੀ ਕਰੇਗੀ.
    ਅਸਲ ਵਿੱਚ ਡੇਰਾ ਸੱਚਾ ਸੌਦਾ, ਸਿਰਸਾ ਦੀ 45 ਮੈਂਬਰੀ ਕਮੇਟੀ ਅਤੇ ਨਾਭਾ ਜੇਲ੍ਹ ‘ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਪਰਿਵਾਰ ਨੇ ਉਸ ਦੀ ਮੌਤ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਸਨ ਅਤੇ ਡੇਰੇ ਦੀ 45 ਮੈਂਬਰੀ ਕਮੇਟੀ ਨੇ ਪੰਜਾਬ ਸਰਕਾਰ ਅੱਗੇ ਦੋ ਮੰਗਾਂ ਰੱਖੀਆਂ ਸਨ ਅਤੇ ਕਮੇਟੀ ਇਸ ਗੱਲ ’ਤੇ ਅੜੀ ਹੋਈ ਸੀ ਕਿ ਮੰਗਾਂ ਮੰਨੇ ਜਾਣ ਤੱਕ ਮਰਹੂਮ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ. ਮੌਤ ਮਗਰੋਂ ਬਿੱਟੂ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਫਰੀਦਕੋਟ ਜ਼ਿਲ੍ਹੇ ਕੋਟਕਪੂਰਾ ਦੇ ਡੇਰੇ ‘ਚ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ ਜਿੱਥੋਂ ਉਨ੍ਹਾਂ ਦੀ ਦੇਹ ਨੂੰ ਸਸਕਾਰ ਸਥਾਨਕ ਸ਼ਮਸ਼ਾਨ ਘਾਟ ਲਿਜਾ ਕੇ ਸਸਕਾਰ ਕਰ ਦਿੱਤਾ ਗਿਆ ਹੈ.